ਭਾਜਪਾ 'ਚ ਅੰਦਰੂਨੀ ਵਿਵਾਦ: ਸੂਬਾ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਦਿੱਤਾ ਅਸਤੀਫਾ

👁 4

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਵਿੱਚ ਛਿੜਿਆ ਅੰਦਰੂਨੀ ਵਿਵਾਦ ਹੁਣ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ। ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐੱਸ ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਡਾ. ਰਾਜੂ ਨੇ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੱਤਰ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ। ਇਹ ਪੱਤਰ 5 ਜੂਨ ਨੂੰ ਭੇਜਿਆ ਗਿਆ ਸੀ, ਜੋ ਅੱਜ ਜਨਤਕ ਹੋਇਆ ਹੈ। ਇਸ ਮਾਮਲੇ ਨੇ ਭਾਜਪਾ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਪਰ ਪਾਰਟੀ ਆਗੂ ਇਸ 'ਤੇ ਚੁੱਪ ਧਾਰੀ ਹੋਏ ਹਨ।

ਆਪਣੇ ਅਸਤੀਫੇ ਦੇ ਕਾਰਨਾਂ ਬਾਰੇ ਦੱਸਦਿਆਂ ਡਾ. ਰਾਜੂ ਨੇ ਕਿਹਾ ਕਿ ਉਹ ਪੰਜਾਬ ਦੇ ਕੁਝ ਅਹਿਮ ਜਨਤਕ ਮੁੱਦਿਆਂ 'ਤੇ ਕੰਮ ਕਰਨਾ ਚਾਹੁੰਦੇ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣਾ, ਨੌਜਵਾਨਾਂ ਦੀ ਪੜ੍ਹਾਈ, ਗ਼ਰੀਬ ਬੱਚਿਆਂ ਦੇ ਸਿੱਖਿਆ ਅਧਿਕਾਰ, ਦਲਿਤਾਂ ਅਤੇ ਸਿੱਖਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ, ਧਰਮ ਤਬਦੀਲੀ, ਨਸ਼ਿਆਂ ਦੇ ਖ਼ਾਤਮੇ, ਪੰਜਾਬੀ ਭਾਸ਼ਾ ਦੀ ਪ੍ਰਮੁੱਖਤਾ ਅਤੇ ਪੰਜਾਬ ਦੇ ਪਾਣੀਆਂ ਤੇ ਚੰਡੀਗੜ੍ਹ ਵਰਗੇ ਲਟਕਦੇ ਮੁੱਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ 'ਤੇ ਕੰਮ ਕਰਨ ਲਈ ਖੋਜ ਅਤੇ ਲੋਕਾਂ ਨਾਲ ਮਿਲਣ ਲਈ ਵਧੇਰੇ ਸਮਾਂ ਚਾਹੀਦਾ ਹੈ, ਜਿਸ ਕਰਕੇ ਉਹ ਪਾਰਟੀ ਦੇ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਨਹੀਂ ਸੰਭਾਲ ਸਕਦੇ।

ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਵਿੱਚ ਅੰਦਰੂਨੀ ਪੱਧਰ 'ਤੇ ਵਿਵਾਦ ਚੱਲ ਰਿਹਾ ਸੀ। ਕੁਝ ਆਗੂਆਂ ਨੇ ਢਿੱਲੋਂ ਦੀ ਪ੍ਰਧਾਨਗੀ 'ਤੇ ਅੰਦਰਖਾਤੇ ਸਵਾਲ ਚੁੱਕੇ ਸਨ, ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਖੁੱਲ੍ਹ ਕੇ ਇਸ 'ਤੇ ਸਵਾਲ ਚੁੱਕੇ ਸਨ।

ਡਾ. ਜਗਮੋਹਨ ਸਿੰਘ ਰਾਜੂ ਖੁਦ ਵੀ ਪੰਜਾਬ ਪ੍ਰਧਾਨ ਦੀ ਦੌੜ ਵਿੱਚ ਸਨ। ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੇਂ ਤੇ ਪੁਰਾਣੇ ਵਰਕਰਾਂ ਵਿੱਚ ਤਾਲਮੇਲ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਲਈ ਪਾਰਟੀ ਨੇ ਨਵੇਂ ਆਗੂਆਂ ਵਿੱਚੋਂ ਕੇਵਲ ਢਿੱਲੋਂ ਨੂੰ ਸੂਬੇ ਦੀ ਪ੍ਰਧਾਨਗੀ ਦਿੱਤੀ, ਜਦਕਿ ਪੁਰਾਣੇ ਆਗੂਆਂ ਵਿੱਚੋਂ ਤਰੁਣ ਚੁੱਘ ਨੂੰ ਰਾਜ ਸਭਾ ਭੇਜਿਆ।

ਡਾ. ਰਾਜੂ ਨੇ 2022 ਵਿੱਚ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੀ ਸੀ, ਜਿੱਥੇ ਉਨ੍ਹਾਂ ਦੇ ਮੁਕਾਬਲੇ ਵਿੱਚ ਕਾਂਗਰਸ ਤੋਂ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਸਿੰਘ ਮਜੀਠੀਆ ਸਨ। ਸਿਆਸੀ ਖੇਤਰ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਆਪਣੇ ਪ੍ਰਸ਼ਾਸਨਿਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

💬 Yorumlar (0)

Yorum Yaz

Yorumunuz onaydan sonra yayınlanır.

Henüz yorum yok. İlk yorumu siz yazın.