ਪੰਜਾਬ BJP ਪ੍ਰਧਾਨ Kewal Dhillon ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਾਨੂੰਨ-ਵਿਵਸਥਾ 'ਤੇ ਚਰਚਾ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀਆਂ ਗੰਭੀਰ ਚੁਣੌਤੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।
ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰਤੀ ਡੂੰਘੀ ਚਿੰਤਾ ਹੈ।
ਢਿੱਲੋਂ ਨੇ ਕਿਹਾ, "ਪੰਜਾਬ ਬਹੁਤ ਜ਼ਿਆਦਾ ਰਣਨੀਤਕ ਮਹੱਤਤਾ ਵਾਲਾ ਇੱਕ ਸਰਹੱਦੀ ਸੂਬਾ ਹੈ ਅਤੇ 'ਆਪ' ਸਰਕਾਰ ਇੱਥੋਂ ਦੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਨਸ਼ਿਆਂ ਦੀ ਤਸਕਰੀ ਸਾਡੀ ਜਵਾਨੀ ਨੂੰ ਬਰਬਾਦ ਕਰ ਰਹੀ ਹੈ, ਗੈਂਗਸਟਰਵਾਦ ਵਧ-ਫੁੱਲ ਰਿਹਾ ਹੈ ਅਤੇ ਕਾਨੂੰਨ ਤੇ ਵਿਵਸਥਾ ਪੂਰੀ ਤਰ੍ਹਾਂ ਮੂਧੇ ਮੂੰਹ ਡਿੱਗ ਚੁੱਕੀ ਹੈ।"
ਢਿੱਲੋਂ ਨੇ ਦੱਸਿਆ, "ਮੈਂ ਗ੍ਰਹਿ ਮੰਤਰੀ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਇਆ ਅਤੇ ਹਰੇਕ ਪੰਜਾਬੀ ਦੀ ਸੁਰੱਖਿਆ ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇ ਨਿਰੰਤਰ ਸਹਿਯੋਗ ਦੀ ਮੰਗ ਕੀਤੀ। ਮੈਨੂੰ ਉਨ੍ਹਾਂ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ 'ਤੇ ਇੱਕ ਕਿਤਾਬ ਅਤੇ ਤਸਵੀਰ ਭੇਟ ਕਰਨ ਦਾ ਮਾਣ ਵੀ ਹਾਸਲ ਹੋਇਆ।"
ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨ ਵਿੱਚ 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਭਾਜਪਾ ਇਸ ਨਾਕਾਮਯਾਬੀ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਕੋਈ ਕਸਰ ਨਹੀਂ ਛੱਡੇਗੀ।
ਜਦੋਂ ਤੋਂ ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਹਨ, ਉਹ ਕੇਂਦਰ ਦੇ ਵੱਡੇ ਮੰਤਰੀਆਂ ਨਾਲ ਲਗਾਤਾਰ ਮੁਲਾਕਾਤਾਂ ਕਰ ਰਹੇ ਹਨ ਅਤੇ ਇਹ ਮੀਟਿੰਗ ਵੀ ਉਸੇ ਸਿਲਸਿਲੇ ਦਾ ਹਿੱਸਾ ਹੈ।