ਪੰਜਾਬ 'ਚ ਅੱਜ ਨਗਰ ਨਿਗਮ ਤੇ ਕੌਂਸਲ ਚੋਣਾਂ: 35 ਲੱਖ ਵੋਟਰ ਕਰਨਗੇ ਫੈਸਲਾ
ਪੰਜਾਬ 'ਚ ਅੱਜ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਸੂਬੇ ਭਰ 'ਚ 1,014 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ 35,45,567 ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨਗੇ। ਇਨ੍ਹਾਂ 'ਚ 18,33,712 ਪੁਰਸ਼ ਅਤੇ 17,11,635 ਮਹਿਲਾ ਵੋਟਰ ਸ਼ਾਮਲ ਹਨ।
ਚੋਣਾਂ ਦੇ ਸੁਚੱਜੇ ਪ੍ਰਬੰਧ ਲਈ 32 ਹਜ਼ਾਰ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। 1,896 ਵਾਰਡਾਂ ਲਈ ਕੁੱਲ 7,542 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚ 'ਆਪ' ਦੇ 1,801, ਭਾਜਪਾ ਦੇ 1,316, ਕਾਂਗਰਸ ਦੇ 1,550, ਸ਼੍ਰੋਮਣੀ ਅਕਾਲੀ ਦਲ ਦੇ 1,251, ਬਸਪਾ ਦੇ 96 ਅਤੇ 1,528 ਅਜ਼ਾਦ ਉਮੀਦਵਾਰ ਸ਼ਾਮਲ ਹਨ।
ਇਹ ਚੋਣਾਂ ਅਗਾਮੀ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨੀਆਂ ਜਾ ਰਹੀਆਂ ਹਨ। 'ਆਪ' ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਕਾਰਗੁਜ਼ਾਰੀ ਦਾ ਪੈਮਾਨਾ ਵੀ ਇਹ ਚੋਣਾਂ ਬਣਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ 'ਚ ਸ਼ਾਮਲ ਨਹੀਂ ਹੋਏ।
ਸੁਪਰੀਮ ਕੋਰਟ ਨੇ ਬੈਲੇਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਕੋਰਟ ਨੇ ਕਿਹਾ ਕਿ ਇਸ ਪੜਾਅ 'ਤੇ ਚੋਣ ਪ੍ਰਕਿਰਿਆ ਨੂੰ ਅਸਥਿਰ ਨਹੀਂ ਕੀਤਾ ਜਾ ਸਕਦਾ।
ਇਸ ਦੌਰਾਨ, ਰਾਜ ਚੋਣ ਕਮਿਸ਼ਨ ਨੇ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੁਰਾਸੀ ਦੀਆਂ ਨਗਰ ਕੌਂਸਲਾਂ ਲਈ 10 ਜੂਨ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ।