Sanjeev Arora Arrest: ED ਦੀ ਕਾਰਵਾਈ ਖ਼ਿਲਾਫ਼ ‘ਆਪ’ ਦਾ ਹੱਲਾ-ਬੋਲ, ਅੱਜ ਪੂਰੇ ਪੰਜਾਬ ਵਿੱਚ ਭਾਜਪਾ ਵਿਰੁੱਧ ਪ੍ਰਦਰਸ਼ਨ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਵਿਰੁੱਧ ਅੱਜ ਪੂਰੇ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ (BJP) ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।
ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ‘ਆਪ’ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੇ ਕੀਤੇ ਜਾ ਰਹੇ ਸਿਆਸੀ ਇਸਤੇਮਾਲ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕਰੇਗੀ। ਪਾਰਟੀ ਨੇ ਆਪਣੇ ਵਾਲੰਟੀਅਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਭਾਜਪਾ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਇਸ ਕਾਰਵਾਈ ਦਾ ਵਿਰੋਧ ਕਰਨ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਇਸ ਪ੍ਰਦਰਸ਼ਨ ਰਾਹੀਂ ਆਪਣੀ ਸਿਆਸੀ ਤਾਕਤ ਦਾ ਮੁਜ਼ਾਹਰਾ ਕਰਨਾ ਚਾਹੁੰਦੀ ਹੈ।
ਕੀ ਹੈ ਪੂਰਾ ਮਾਮਲਾ? ਸੰਜੀਵ ਅਰੋੜਾ ਨੂੰ ਕੱਲ੍ਹ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ED ਦੀ ਤੀਜੀ ਛਾਪੇਮਾਰੀ ਤੋਂ ਬਾਅਦ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਿਛਲੇ ਇੱਕ ਮਹੀਨੇ ਦੌਰਾਨ ‘ਆਪ’ ਦੇ ਕਈ ਆਗੂਆਂ ’ਤੇ ED ਨੇ ਸ਼ਿਕੰਜਾ ਕੱਸਿਆ ਹੈ। ਅਪਰੈਲ ਵਿੱਚ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ਛਾਪੇਮਾਰੀ ਹੋਈ ਸੀ, ਜਿਸ ਤੋਂ ਬਾਅਦ ਉਹ 6 ਹੋਰ ਸੰਸਦ ਮੈਂਬਰਾਂ (ਰਾਘਵ ਚੱਢਾ, ਹਰਭਜਨ ਸਿੰਘ ਸਮੇਤ) ਨਾਲ ਪਾਰਟੀ ਤੋੜ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਹਫ਼ਤੇ ED ਨੇ ਰੀਅਲ ਅਸਟੇਟ ਗਰੁੱਪਾਂ ’ਤੇ ਵੀ ਛਾਪੇਮਾਰੀ ਕੀਤੀ ਹੈ। ਏਜੰਸੀ ਦਾ ਦਾਅਵਾ ਹੈ ਕਿ ਇੱਕ ਬਿਲਡਰ, ਜਿਸ ਨੇ ਬਾਜ਼ਾਰੂ ਕੀਮਤ ਤੋਂ 170 ਕਰੋੜ ਰੁਪਏ ਘੱਟ ’ਤੇ ਜ਼ਮੀਨ ਖਰੀਦੀ ਸੀ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਕਰੀਬੀ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਕਾਰਵਾਈਆਂ ਸਿਆਸੀ ਬਦਲਾਖੋਰੀ ਤਹਿਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਦੇ ਅਕਸ ਨੂੰ ਢਾਹ ਲਾਈ ਜਾ ਸਕੇ। ਦੂਜੇ ਪਾਸੇ, ਭਾਜਪਾ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਜਾਂਚ ਨੂੰ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਦੱਸ ਰਹੀ ਹੈ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ। ‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ। ‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।