ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ
ਅਟਾਰੀ ਸਰਹੱਦ (ਅੰਮ੍ਰਿਤਸਰ), 10 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) - ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋ ਗਿਆ। ਇਹ ਸ਼ਰਧਾਲੂ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣਗੇ।
ਜੱਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸਮੇਤ ਦੇਸ਼ ਭਰ ਤੋਂ ਆਏ ਲਗਭਗ 700 ਸਿੱਖ ਸ਼ਰਧਾਲੂ ਸ਼ਾਮਲ ਹਨ। ਇਹ ਸ਼ਰਧਾਲੂ 10 ਦਿਨਾਂ ਦੀ ਯਾਤਰਾ 'ਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਰਾਵਲਪਿੰਡੀ), ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਨਾਰੋਵਾਲ) ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ (ਚੂਨਾ ਮੰਡੀ, ਲਾਹੌਰ) ਸਮੇਤ ਅਨੇਕਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ। ਇਹ ਜੱਥਾ 19 ਜੂਨ ਨੂੰ ਵਾਪਸ ਭਾਰਤ ਪਰਤੇਗਾ।